NBC ਪੰਜਾਬੀ, ਪਟਿਆਲਾ
ਪੰਜਾਬੀ ਯੂਨੀਵਰਸਿਟੀ ਵਿਖੇ ਮਾਲਵੀਆ ਮਿਸ਼ਨ ਟੀਚਰ ਟਰੇਨਿੰਗ ਸੈਂਟਰ ਵੱਲੋਂ ਕੌਮੀ ਸਿੱਖਿਆ ਪ੍ਰੋਗਰਾਮ ਬਾਰੇ ਅੱਠ-ਦਿਨਾ ਓਰੀਐਂਟੇਸ਼ਨ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ।
ਇਸ ਸੈਂਟਰ ਦੇ ਡਾਇਰੈਕਟਰ ਪ੍ਰੋ. ਰਮਨ ਮੈਣੀ ਨੇ ਦੱਸਿਆ ਕਿ ਇਸ ਪ੍ਰੋਗਰਾਮ ਦਾ ਉਦੇਸ਼ ਅਧਿਆਪਕਾਂ ਨੂੰ ਅਕਾਦਮਿਕ ਉੱਤਮਤਾ, ਪ੍ਰਭਾਵਸ਼ਾਲੀ ਪੇਸ਼ੇਵਰ ਪ੍ਰਦਰਸ਼ਨ ਅਤੇ ਰਾਸ਼ਟਰੀ ਪੁਨਰ ਨਿਰਮਾਣ ਦੇ ਕੰਮ ਵਿੱਚ ਬਿਹਤਰ ਬਣਾਉਂਦਿਆਂ ਸਰਗਰਮ ਸ਼ਮੂਲੀਅਤ ਸਹਿਤ ਰਾਸ਼ਟਰੀ ਸਿੱਖਿਆ ਨੀਤੀ ਲਈ ਤਿਆਰ ਕਰਨਾ ਹੈ।
ਉਨ੍ਹਾਂ ਦੱਸਿਆ ਕਿ ਯੂ.ਜੀ.ਸੀ.-ਐੱਮ.ਐੱਚ.ਆਰ.ਡੀ. ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਆਯੋਜਿਤ ਇਹ ਪ੍ਰੋਗਰਾਮ 19 ਤੋਂ 30 ਸਤੰਬਰ, 2024 ਤੱਕ ਆਨਲਾਈਨ ਮੋਡ ਰਾਹੀਂ ਕਰਵਾਇਆ ਜਾ ਰਿਹਾ ਹੈ।
ਆਈ. ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ, ਕਪੂਰਥਲਾ ਦੇ ਵਾਈਸ ਚਾਂਸਲਰ ਡਾ. ਸੁਸ਼ੀਲ ਮਿੱਤਲ, ਜੋ ਪ੍ਰੋਗਰਾਮ ਦੇ ਸ਼ੁਰੂਆਤੀ ਸੈਸ਼ਨ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ, ਨੇ ਆਪਣੇ ਭਾਸ਼ਣ ਵਿੱਚ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਐੱਨ. ਈ. ਪੀ. 2020 ਅਧਿਆਪਨ ਸਿੱਖਿਆ ਦਾ ਇੱਕ ਸੰਪੂਰਨ ਰੂਪਾਂਤਰ ਹੈ ਅਤੇ ਇਸ ਦੇ ਜ਼ਰੀਏ ਅਸੀਂ ਗਲੋਬਲ ਮਾਪਦੰਡਾਂ ਦੇ ਨੇੜੇ ਆ ਰਹੇ ਹਾਂ।
ਉਨ੍ਹਾਂ ਕਿਹਾ ਕਿ ਅਧਿਆਪਕਾਂ ਨੂੰ ਇਸ ਦੇ ਸੰਪੂਰਨ ਢਾਂਚੇ ਨੂੰ ਸਮਝਣ ਲਈ ਇਨ੍ਹਾਂ ਐੱਨ. ਈ. ਪੀ. ਓਰੀਐਂਟੇਸ਼ਨ ਪ੍ਰੋਗਰਾਮਾਂ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ। ਉਨ੍ਹਾਂ ਨੇ ਇਨ੍ਹਾਂ ਓਰੀਐਂਟੇਸ਼ਨ ਅਤੇ ਸੰਵੇਦਨਸ਼ੀਲਤਾ ਪ੍ਰੋਗਰਾਮਾਂ ਦੇ ਆਯੋਜਨ ਲਈ ਮਾਲਵੀਆ ਮਿਸ਼ਨ ਟੀਚਰ ਟਰੇਨਿੰਗ ਸੈਂਟਰ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਯਤਨਾਂ ਦੀ ਸ਼ਲਾਘਾ ਕੀਤੀ।
ਜ਼ਿਕਰਯੋਗ ਹੈ ਕਿ ਇਸ ਓਰੀਐਂਟੇਸ਼ਨ ਪ੍ਰੋਗਰਾਮ ਦੇ ਕੋਰਸ ਕੋਆਰਡੀਨੇਟਰ ਦੀ ਭੂਮਿਕਾ ਗਣਿਤ ਦੇ ਐਸੋਸੀਏਟ ਪ੍ਰੋਫੈਸਰ ਡਾ. ਸ਼ੈਲੀ ਅਰੋੜਾ ਅਤੇ ਕੰਪਿਊਟਰ ਸਾਇੰਸ ਅਤੇ ਇੰਜੀਨੀਅਰਿੰਗ ਵਿਭਾਗ ਦੇ ਅਧਿਆਪਕ ਡਾ. ਨਿਰਵੈਰ ਨੀਰੂ ਨਿਭਾ ਰਹੇ ਹਨ। ਇਸ ਪ੍ਰੋਗਰਾਮ ਲਈ ਅੰਤਰਰਾਸ਼ਟਰੀ ਪੱਧਰ ਦੇ ਪ੍ਰਸਿੱਧ ਮਾਹਿਰ ਵਿਅਕਤੀਆਂ ਨੂੰ ਆਨਲਾਈਨ ਜੁੜਨ ਦਾ ਸੱਦਾ ਦਿੱਤਾ ਗਿਆ ਹੈ।