NBC ਪੰਜਾਬੀ, ਚੰਡੀਗੜ੍ਹ-
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਅੰਮ੍ਰਿਤਸਰ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਐਲਾਨ ਕੀਤਾ ਕਿ 24 ਸਤੰਬਰ ਤੋਂ ਪੰਜਾਬ ਸਰਕਾਰ ਦੇ ਖਿਲਾਫ ਇੱਕ ਵੱਡਾ ਮੋਰਚਾ ਸ਼ੁਰੂ ਕੀਤਾ ਜਾਵੇਗਾ।
ਉਹਨਾਂ ਨੇ ਕਿਹਾ ਕਿ ਪੰਜਾਬ ਦੇ ਹਰ ਡਿਪਟੀ ਕਮਿਸ਼ਨਰ (ਡੀਸੀ) ਦਫ਼ਤਰ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ। ਜੇਕਰ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਦਾ ਹੱਲ ਜਲਦ ਨਾ ਕੀਤਾ ਗਿਆ, ਤਾਂ ਕਿਸਾਨਾਂ ਵੱਲੋਂ ਰੇਲਵੇ ਟਰੈਕ ਜਾਮ ਕਰਨ ਦੀ ਕਾਰਵਾਈ ਵੀ ਕੀਤੀ ਜਾਵੇਗੀ।
ਪੰਧੇਰ ਨੇ ਇਹ ਵੀ ਦੱਸਿਆ ਕਿ ਕੇਂਦਰ ਸਰਕਾਰ ਦੇ ਖਿਲਾਫ ਲੰਮੀ ਲੜਾਈ ਲੜੀ ਜਾ ਰਹੀ ਹੈ, ਪਰ ਪੰਜਾਬ ਸਰਕਾਰ ਨੂੰ ਵੀ ਜ਼ਿੰਮੇਵਾਰੀਆਂ ਨਿਭਾਉਣ ਲਈ ਮਜਬੂਰ ਕਰਨਾ ਪਵੇਗਾ।
ਇਹ ਮੋਰਚਾ 24 ਸਤੰਬਰ ਨੂੰ ਅੰਮ੍ਰਿਤਸਰ ਡੀਸੀ ਦਫ਼ਤਰ ਤੋਂ ਸ਼ੁਰੂ ਹੋ ਕੇ, ਮੁੱਖ ਰੂਪ ਵਿੱਚ ਰੇਲਾਂ ਦੇ ਅੰਦੋਲਨ ਵੱਲ ਜਾਵੇਗਾ, ਜੇਕਰ ਮੰਗਾਂ ਪ੍ਰਾਪਤ ਨਾ ਕੀਤੀਆਂ ਗਈਆਂ।
ਉਹਨਾਂ ਨੇ ਕਿਹਾ ਕਿ ਅਸੀਂ ਅੱਜ ਆਪਣਾ ਮੰਗ ਪੱਤਰ ਵੀ ਦੇਵਾਂਗੇ ਤੇ ਸੀਪੀ ਸਾਹਿਬ ਨੂੰ ਵੀ ਮਿਲਾਂਗੇ ਤੇ ਆਪਣੀਆਂ ਮੰਗਾਂ ਬਾਰੇ ਜਾਣੂ ਕਰਵਾਂਗੇ। ਉਹਨਾਂ ਨੇ ਕਿਹਾ ਕਿ ਜੋ ਸਾਡੇ ਕਿਸਾਨ ਸ਼ਹੀਦ ਹੋਏ ਹਨ 2 ਤੋਂ 4 ਪਰਿਵਾਰਾਂ ਨੂੰ ਛੱਡ ਕੇ ਅਜੇ ਤਕ ਕਿਸੇ ਨੂੰ ਮੁਆਵਜ਼ਾ ਨਹੀਂ ਮਿਲਿਆ ਹੈ।